Home / ਧਰਮ / ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜਿਸ ‘ਚ ਸਥਾਨਕ ਸੰਗਤਾਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸੰਗਤਾਂ ਨੇ ਉਤਸ਼ਾਹ ਸਹਿਤ ਸ਼ਮੂਲੀਅਤ ਕੀਤੀ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਕਾਰ ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਅਮਰੀਕਾ ਤੋਂ ਭਾਈ ਕੁਲਬੀਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੀ ਬਿਮਾਰ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਮੈਂਬਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸ਼ਰਧਾ ਸਹਿਤ ਸ਼ਾਮਿਲ ਹੋਏ।

ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਅਤੇ ਨਰਸਿੰਙਿਆਂ ਦੀ ਵਿਸਮਾਦੀ ਗੂੰਜ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਹੇਠ ਆਰੰਭ ਹੋਇਆ। ਪਾਲਕੀ ਸਾਹਿਬ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਕਰਨ ਦੀ ਸੇਵਾ ਨਿਭਾਅ ਰਹੇ ਸਨ। ਬਾਜ਼ਾਰਾਂ ‘ਚ ਨਗਰ ਕੀਰਤਨ ‘ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ।

ਨਗਰ ਕੀਰਤਨ ‘ਚ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਸਕੱਤਰ ਡਾ: ਰੁੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸੈਂਪਲਾ, ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ, ਅਜਾਇਬ ਸਿੰਘ ਅਭਿਆਸੀ, ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਕਿਰਨਜੋਤ ਕੌਰ, ਬਾਵਾ ਸਿੰਘ, ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾ ਕੋਹਨਾ, ਬਲਵਿੰਦਰ ਸਿੰਘ ਜੌੜਾਸਿੰਘਾ, ਪ੍ਰਤਾਪ ਸਿੰਘ, ਬਿਜੈ ਸਿੰਘ ਤੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸਿੱਖ ਧਰਮ ਮਿਸ਼ਨ ਯੂ. ਐਸ. ਏ. ਤੋਂ ਭਾਈ ਕੁਲਬੀਰ ਸਿੰਘ, ਭਾਈ ਸਤਪਾਲ ਸਿੰਘ, ਡਾ: ਹਰਜੋਤ ਕੌਰ ਕੈਲਗਰੀ, ਬੀਬੀ ਸ਼ਾਂਤੀ ਕੌਰ ਖਾਲਸਾ ਨਿਊ ਮੈਕਸੀਕੋ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਸਮੇਤ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਦੂਰੋਂ ਨੇੜਿਓਂ ਪੁੱਜੀਆਂ ਲੱਖਾਂ ਦੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ। ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਪਰਿਕਰਮਾ ਕਰਕੇ ਸ਼ਾਮ ਨੂੰ ਸ੍ਰੀ ਗੁਰੂ ਰਾਮਦਾਸ ਨਿਵਾਸ ਰਾਹੀਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਇਆ।

ਨਗਰ ਕੀਰਤਨ ‘ਚ ਪੁੱਜੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰੂ ਜੀ ਵਲੋਂ ਵਸਾਇਆ ਧਾਰਮਿਕ ਮਹੱਤਵ ਰੱਖਣ ਵਾਲਾ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਸਮੁੱਚੇ ਵਿਸ਼ਵ ਲਈ ਖਿੱਚ ਦਾ ਕੇਂਦਰ ਹੈ ਕਿਉਂਕਿ ਇਥੇ ਸਿੱਖ ਧਰਮ ਦਾ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁਸ਼ੋਭਿਤ ਹੈ ਜੋ ਸਮੁੱਚੀ ਮਨੁੱਖਤਾ ਦੀ ਅਧਿਆਤਮਕ ਅਗਵਾਈ ਕਰਦਾ ਹੈ।

About Admin

Check Also

ਕਰੇਗਾ ਤਖ਼ਤ ਸ੍ਰੀ ਪਟਨਾ ਸਾਹਿਬ ਬੰਗਲਾਦੇਸ਼ ਦੇ ਗੁਰੂਘਰਾਂ ਦੀ ਸਾਂਭ–ਸੰਭਾਲ

ਬੰਗਲਾਦੇਸ਼ ਦੇ ਗੁਰਦੁਆਰਾ ਸਾਹਿਬਾਨ ਦੀ ਦੇਖਭਾਲ ਤੇ ਸਾਂਭ–ਸੰਭਾਲ ਹੁਣ ‘ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ’ …

WP Facebook Auto Publish Powered By : XYZScripts.com